View Details << Back

AAP ਵੱਲੋਂ BJP ਦਫ਼ਤਰਾਂ ਅੱਗੇ ਮੁਜ਼ਾਹਰੇ

  Sanjiv Arora ED remand: ਆਮ ਆਦਮੀ ਪਾਰਟੀ (ਆਪ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਪੰਜਾਬ ਵਿੱਚ ਭਾਜਪਾ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ‘ਆਪ’ ਵਰਕਰਾਂ ਨੇ ਸੂਬੇ ਭਰ ਵਿੱਚ ਭਾਜਪਾ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਦਾ ਘਿਰਾਓ ਕੀਤਾ। ਉਨ੍ਹਾਂ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਚੋਣਾਂ ਤੋਂ ਪਹਿਲਾਂ ਈ ਡੀ ਅਤੇ ਸੀ ਬੀ ਆਈ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ। ਦੂਜੇ ਪਾਸੇ ਪੰਜਾਬ ਵਿੱਚ ਕਈ ਥਾਵਾਂ ’ਤੇ ਭਾਜਪਾ ਵਰਕਰਾਂ ਨੇ ‘ਆਪ’ ਦੇ ਮੁਜ਼ਾਹਰਿਆਂ ਦਾ ਵਿਰੋਧ ਕੀਤਾ, ਜਿਸ ਕਰ ਕੇ ਸੂਬੇ ਵਿੱਚ ਤਿੰਨ ਥਾਵਾਂ ’ਤੇ ਦੋਵਾਂ ਧਿਰਾਂ ਵਿਚਾਲੇ ਟਕਰਾਅ ਵਾਲਾ ਮਾਹੌਲ ਬਣ ਗਿਆ। ਪੁਲੀਸ ਨੇ ਉਕਤ ਥਾਵਾਂ ’ਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੀ ਅਗਵਾਈ ਹੇਠ ਬਲਾਚੌਰ ਵਿੱਚ ਵੱਡੀ ਗਿਣਤੀ ‘ਆਪ’ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕਰ ਰਹੇ ਸਨ। ਇਸ ਦੌਰਾਨ ਡਾ. ਸੁੱਖੀ ਅਤੇ ਹੋਰ ‘ਆਪ’ ਆਗੂ ਭਾਜਪਾ ਦਫ਼ਤਰ ਵਿੱਚ ਦਾਖ਼ਲ ਹੋ ਗਏ, ਜਿਸ ਕਾਰਨ ਟਕਰਾਅ ਵਾਲਾ ਮਾਹੌਲ ਬਣ ਗਿਆ। ਇਸੇ ਤਰ੍ਹਾਂ ਬਠਿੰਡਾ ਅਤੇ ਲੁਧਿਆਣਾ ਵਿੱਚ ‘ਆਪ’ ਵਰਕਰਾਂ ਵੱਲੋਂ ਭਾਜਪਾ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦਾ ਭਾਜਪਾ ਵਰਕਰਾਂ ਨੇ ਵਿਰੋਧ ਕੀਤਾ। ਇਸ ਦੌਰਾਨ ਦੋਵਾਂ ਥਾਵਾਂ ’ਤੇ ‘ਆਪ’ ਤੇ ਭਾਜਪਾ ਵਰਕਰ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦਿੱਤੇ, ਜਿਸ ਕਰ ਕੇ ਟਕਰਾਅ ਵਾਲਾ ਮਾਹੌਲ ਬਣ ਗਿਆ। ਤਿੰਨਾਂ ਥਾਵਾਂ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਵੱਖ-ਵੱਖ ਕਰ ਕੇ ਮਾਮਲਾ ਸ਼ਾਂਤ ਕਰਵਾਇਆ।
  ਖਾਸ ਖਬਰਾਂ