View Details << Back

ਵਿਦੇਸ਼ ਜਾਣ ਦਾ ਸੁਪਨਾ ਬਣਿਆ ਕਾਲ: ਠੱਗ ਏਜੰਟਾਂ ਤੋਂ ਤੰਗ ਆ ਕੇ ਜੋੜੇ ਨੇ ਖਾਧਾ ਜ਼ਹਿਰ, ਹੋਈ ਮੌਤ

  ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ 36 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਬਰਨਾਲਾ ਜ਼ਿਲ੍ਹੇ ਦੇ ਇੱਕ ਪਤੀ-ਪਤਨੀ ਵੱਲੋਂ ਜ਼ੀਰਕਪੁਰ ਵਿੱਚ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਪਤਨੀ ਗਗਨਦੀਪ ਕੌਰ ਅਤੇ ਪਤੀ ਹਾਕਮ ਸਿੰਘ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਹਾਕਮ ਸਿੰਘ ਅਤੇ ਗਗਨਦੀਪ ਕੌਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ੇਖਾ ਦੇ ਰਹਿਣ ਵਾਲੇ ਸਨ ਅਤੇ ਦੋਵਾਂ ਨੇ ਪ੍ਰੇਮ ਵਿਆਹ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਸਨ। ਇਸੇ ਦੌਰਾਨ ਵਿਦੇਸ਼ ਭੇਜਣ ਦੇ ਨਾਂ ’ਤੇ ਉਨ੍ਹਾਂ ਨਾਲ ਕਰੀਬ 36 ਲੱਖ ਰੁਪਏ ਦੀ ਕਥਿਤ ਧੋਖਾਧੜੀ ਹੋ ਗਈ।

ਇਸ ਠੱਗੀ ਤੋਂ ਬਾਅਦ ਦੋਵੇਂ ਮਾਨਸਿਕ ਅਤੇ ਆਰਥਿਕ ਤੌਰ ’ਤੇ ਪਰੇਸ਼ਾਨ ਸਨ। ਇਸੇ ਦੌਰਾਨ ਉਨ੍ਹਾਂ ਨੇ ਜ਼ੀਰਕਪੁਰ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਹਾਲਤ ਵਿਗੜਨ ’ਤੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗਗਨਦੀਪ ਕੌਰ ਅਤੇ ਹਾਕਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਦੰਪਤੀ ਤੋਂ 36 ਲੱਖ ਰੁਪਏ ਕਿਸ ਵਿਅਕਤੀ ਜਾਂ ਏਜੰਟ ਨੇ ਲਏ ਸਨ ਅਤੇ ਇਹ ਠੱਗੀ ਕਿਸ ਤਰੀਕੇ ਨਾਲ ਕੀਤੀ ਗਈ ਸੀ। ਫ਼ਿਲਹਾਲ ਪੁਲੀਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਦੰਪਤੀ ਵੱਲੋਂ ਚੁੱਕੇ ਗਏ ਇਸ ਕਦਮ ਪਿੱਛੇ ਦੇ ਕਾਰਨਾਂ ਅਤੇ 36 ਲੱਖ ਰੁਪਏ ਦੀ ਠੱਗੀ ਵਿੱਚ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਸਪੱਸ਼ਟ ਹੋ ਸਕੇਗੀ।

ਥਾਣਾ ਮੁਖੀ ਜੀਰਕਪੁਰ ਜਸਬੀਰ ਸਿੰਘ ਤੁੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਵਾਲੇ ਆ ਗਏ ਹਨ, ਉਨ੍ਹਾਂ ਦੇ ਬਿਆਨ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ, ਖੁਦਕੁਸ਼ੀ ਨੋਟ ਉਨ੍ਹਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ, ਦੋਹੇ ਮ੍ਰਿਤਕਾਂ ਦੀਆਂ ਲਾਸਾਂ ਪੀਜੀਆਈ ਚੰਡੀਗੜ੍ਹ ਵਿਖੇ ਰੱਖੀਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
  ਖਾਸ ਖਬਰਾਂ